ਕਾਦੀਆਂ, 16 ਮਾਰਚ (ਤਾਰੀ): ਪੰਜਾਬ ਭਰ ਦੇ ਡੀਸੀ ਦਫ਼ਤਰਾਂ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 16 ਅਤੇ 17 ਮਾਰਚ ਨੂੰ ਦੋ ਦਿਨਾਂ ਦੀ ਕਲਮ ਛੋੜ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਹੜਤਾਲ ਦਾ ਅਸਰ ਅੱਜ ਕਾਦੀਆਂ ਸਬ ਤਹਿਸੀਲ ਦਫ਼ਤਰ ਵਿੱਚ ਵੀ ਸਾਫ਼ ਤੌਰ ਤੇ ਵੇਖਣ ਨੂੰ ਮਿਲਿਆ। ਹੜਤਾਲ ਦੇ ਕਾਰਨ ਦਫ਼ਤਰਾਂ ਵਿੱਚ ਕੰਮਕਾਜ ਬੰਦ ਰਹਿਣ ਕਰਕੇ ਦੂਰ-ਦਰਾਡੇ ਪਿੰਡਾਂ ਤੋਂ ਆਪਣੇ ਜ਼ਰੂਰੀ ਦਫ਼ਤਰੀ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਨਿਰਾਸ ਹੋ ਕੇ ਵਾਪਸ ਘਰਾਂ ਨੂੰ ਪਰਤਣਾ ਪਿਆ।
ਜਾਣਕਾਰੀ ਅਨੁਸਾਰ ਅੱਜ ਸਵੇਰੇ ਤੋਂ ਹੀ ਕਾਦੀਆਂ ਸਬ ਤਹਿਸੀਲ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਕਾਫ਼ੀ ਗਿਣਤੀ ਵਿੱਚ ਲੋਕ ਪਹੁੰਚੇ ਹੋਏ ਸਨ। ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਕਰਮਚਾਰੀਆਂ ਵੱਲੋਂ ਕਲਮ ਛੋੜ ਹੜਤਾਲ ਕੀਤੀ ਗਈ ਹੈ ਤਾਂ ਲੋਕਾਂ ਨੂੰ ਕਾਫ਼ੀ ਨਿਰਾਸ਼ਾ ਹੋਈ। ਕਈ ਲੋਕ ਜ਼ਮੀਨੀ ਰਿਕਾਰਡ, ਰਜਿਸਟਰੀ, ਸਰਟੀਫਿਕੇਟ ਅਤੇ ਹੋਰ ਦਫ਼ਤਰੀ ਕੰਮਾਂ ਲਈ ਆਏ ਹੋਏ ਸਨ, ਪਰ ਦਫ਼ਤਰਾਂ ਵਿੱਚ ਕੰਮ ਬੰਦ ਹੋਣ ਕਰਕੇ ਉਨ੍ਹਾਂ ਦੇ ਕੰਮ ਨਹੀਂ ਹੋ ਸਕੇ।
ਇਸ ਮੌਕੇ ਡੀਸੀ ਦਫ਼ਤਰ ਕਰਮਚਾਰੀਆਂ ਨੇ ਦੱਸਿਆ ਕਿ ਇਹ ਹੜਤਾਲ ਪੰਜਾਬ ਭਰ ਦੇ ਡੀਸੀ ਦਫ਼ਤਰ ਕਰਮਚਾਰੀਆਂ ਦੀ ਸਾਂਝੀ ਕਾਲ ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਥਾਣਾ ਜੰਡਿਆਲਾ ਗੁਰੂ ਦੇ ਐਸ.ਐਚ.ਓ. ਨਰੇਸ਼ ਕੁਮਾਰ ਵੱਲੋਂ ਆਪਣੀ ਪੁਲਿਸ ਪਾਰਟੀ ਸਮੇਤ 9 ਮਾਰਚ ਦੀ ਰਾਤ 12 ਵਜੇ ਤੋਂ ਬਾਅਦ 10 ਮਾਰਚ ਨੂੰ ਉਨ੍ਹਾਂ ਦੀ ਜਥੇਬੰਦੀ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਦੇ ਘਰ ਬਿਨਾ ਕਿਸੇ ਸ਼ਿਕਾਇਤ ਦੇ ਛਾਪਾ ਮਾਰਿਆ ਗਿਆ।
ਕਰਮਚਾਰੀਆਂ ਦਾ ਦੋਸ਼ ਹੈ ਕਿ ਇਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨਾਲ ਬਹੁਤ ਹੀ ਗਲਤ ਤਰੀਕੇ ਨਾਲ ਵਤੀਰਾ ਕੀਤਾ ਗਿਆ ਅਤੇ ਖਿੱਚ-ਧੂਹ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਬਹੁਤ ਹੀ ਨਿੰਦਣਯੋਗ ਅਤੇ ਅਫਸੋਸਜਨਕ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਨਾਲ ਕਰਮਚਾਰੀਆਂ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ।
ਕਰਮਚਾਰੀਆਂ ਨੇ ਕਿਹਾ ਕਿ ਜਦ ਤੱਕ ਇਸ ਮਾਮਲੇ ਵਿੱਚ ਨਿਆਂ ਨਹੀਂ ਮਿਲਦਾ ਅਤੇ ਦੋਸ਼ੀ ਅਧਿਕਾਰੀਆਂ ਖਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ, ਤਦ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ 17 ਮਾਰਚ ਨੂੰ ਇਸ ਘਟਨਾ ਦੇ ਵਿਰੋਧ ਵਜੋਂ ਐਸ.ਐਸ.ਪੀ. ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਇੱਕ ਵੱਡੀ ਰੈਲੀ ਵੀ ਕੱਢੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਗੱਲ ਨਾ ਸੁਣੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਡੇ ਪੱਧਰ ਤੇ ਆੰਦੋਲਨ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਕਰਮਚਾਰੀਆਂ ਨਾਲ ਹੋਈ ਨਾਇਨਸਾਫ਼ੀ ਨੂੰ ਦੂਰ ਕੀਤਾ ਜਾਵੇ।