ਕਾਦੀਆਂ, 6 ਮਾਰਚ (ਤਾਰੀ): ਸਬ ਇੰਸਪੈਕਟਰ ਗੁਰਮਿੰਦਰ ਸਿੰਘ ਨੇ ਅੱਜ ਕਾਦੀਆਂ ਥਾਣੇ ਦਾ ਚਾਰਜ ਬਤੌਰ ਐਸ.ਐਚ.ਓ. ਸੰਭਾਲ ਲਿਆ। ਚਾਰਜ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਆਮ ਲੋਕਾਂ ਦੇ ਆਪਸੀ ਸਹਿਯੋਗ ਨਾਲ ਹੀ ਇਲਾਕੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖੀ ਜਾ ਸਕਦੀ ਹੈ।
ਐਸ.ਐਚ.ਓ. ਗੁਰਮਿੰਦਰ ਸਿੰਘ ਨੇ ਕਾਦੀਆਂ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਨਸ਼ਾ ਤਸਕਰੀ ਜਾਂ ਹੋਰ ਗੈਰਕਾਨੂੰਨੀ ਗਤੀਵਿਧੀਆਂ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਬੇਝਿਝਕ ਪੁਲਿਸ ਨੂੰ ਸੁਚਿਤ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸੁਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਅਤੇ ਉਸਦੀ ਸੁਰੱਖਿਆ ਦਾ ਵੀ ਖ਼ਿਆਲ ਰੱਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਨਸ਼ੇ ਦੇ ਖ਼ਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਐਸ.ਐਚ.ਓ. ਕਾਦੀਆਂ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਤੁਰੰਤ ਇਹ ਗੈਰਕਾਨੂੰਨੀ ਧੰਧਾ ਛੱਡ ਦੇਣ ਜਾਂ ਫਿਰ ਇਲਾਕਾ ਛੱਡ ਜਾਣ, ਨਹੀਂ ਤਾਂ ਪੁਲਿਸ ਵੱਲੋਂ ਉਨ੍ਹਾਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਦੀਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਲਿਸ ਹਰ ਵੇਲੇ ਚੌਕਸ ਹੈ ਅਤੇ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ।