ਬਟਾਲਾ, 15 ਮਈ (ਅਬਦੁਲ ਸਲਾਮ ਤਾਰੀ) ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗੁਰਦਾਸਪੁਰ ਵਿਖੇ ਮਾਝਾ ਕੋਆਰਡੀਨੇਟਰ ਸੋਨੀਆ ਮਾਨ, ਜ਼ਿਲ੍ਹਾ ਕੋਆਰਡੀਨੇਟਰ ਅਤੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਹਲਕਾ ਕੁਆਰਡੀਨੇਟਰਾਂ ਨਾਲ ਅਹਿਮ ਮੀਟਿੰਗ ਕਰਕੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਲਈ ਯੋਜਨਾਬੰਦੀ ਕੀਤੀ… ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਨਿਕ ਮਹਿਤਾ, ਗੁਰਦਾਸਪੁਰ ਜ਼ਿਲ੍ਹੇ ਦੇ ਕੁਆਰਡੀਨੇਟਰ ਅਤੇ ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਅਹਿਮ ਮੀਟਿੰਗ ਕੀਤੀ ਗਈ ਤੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਰਣਨੀਤੀ ਉਲੀਕੀ ਗਈ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੀਤੀ 24 ਫਰਵਰੀ ਤੋਂ ਆਰੰਭੀ ਨਸ਼ਿਆਂ ਵਿਰੁੱਧ ਫ਼ੈਸਲਾਕੁਨ ਲੜਾਈ ਦੇ ਅਗਲੇ ਪੜਾਅ ਵਿੱਚ ਹੁਣ ਸਰਕਾਰ ਵੱਲੋਂ 16 ਮਈ ਤੋਂ ਪਿੰਡ ਪੱਧਰ ਅਤੇ ਵਾਰਡ ਪੱਧਰ ’ਤੇ ਜਾ ਕੇ ਰੱਖਿਆ ਕਮੇਟੀਆਂ ਅਤੇ ਆਮ ਲੋਕਾਂ ਨਾਲ ਜਾਗਰੂਕਤਾ ਮੀਟਿੰਗਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਪਿੰਡ ਰੱਖਿਆ ਕਮੇਟੀਆਂ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਅਤੇ ਆਮ ਲੋਕਾਂ ਨੂੰ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣ, ਨਸ਼ਾ ਪੀੜਤਾਂ ਦੇ ਇਲਾਜ ਲਈ ਉਨ੍ਹਾਂ ਨੂੰ ਪ੍ਰੇਰ ਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਉਣ ਲਈ ਜਾਗਰੂਕ ਕਰਨਾ ਹੋਵੇਗਾ।
ਉਨਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਪਿੰਡਾਂ ਦੇ ਪਹਿਰੇਦਾਰ ਦੇ ਰੂਪ ਵਿੱਚ ਵਿਲੱਖਣ ਸ਼ੁਰੂਆਤ ਕੀਤੀ ਗਈ ਹੈ, ਜੋ ਸਹੀ ਮਾਇਨਿਆਂ ਵਿੱਚ ਯੋਧਿਆਂ ਦੀ ਫੌਜ ਹੋਵੇਗੀ। ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ ਇਹ ਫੈਸਲਾਕੁੰਨ ਜੰਗ ਸਾਬਿਤ ਹੋਵੇਗੀ। ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾਵੇਗਾ, ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰਾਂ ਨੂੰ ਸਪੱਸ਼ਟ ਸੁਨੇਹਾ ਹੈ ਕਿ ਜਾਂ ਤਾਂ ਨਸ਼ੇ ਵੇਚਣੇ ਬੰਦ ਕਰ ਦੇਣ ਜਾਂ ਫਿਰ ਪੰਜਾਬ ਛੱਡ ਦੇਣ।
ਇਸ ਮੌਕੇ ਬਟਾਲਾ ਹਲਕੇ ਦੇ ਕੁਆਰਡੀਨੇਟਰ ਹਨੀ ਚੌਹਾਨ ਅਤੇ ਮਨਜੀਤ ਸਿੰਘ, ਗੁਰਦਾਸਪੁਰ ਦੇ ਕੁਆਰਡੀਨੇਟਰ ਨੀਰਜ ਸਲਹੋਤਰਾ, ਫਤਿਹਗੜ੍ਹ ਚੂੜੀਆਂ ਦੇ ਕਰਮਜੀਤ ਸਿੰਘ, ਦੀਨਾਨਗਰ ਦੇ ਕਾਰਤਿਕ, ਕਾਦੀਆਂ ਦੇ ਅੰਮ੍ਰਿਤਪਾਲ ਸਿੰਘ, ਡੇਰਾ ਬਾਬਾ ਨਾਨਕ ਦੇ ਅਰਸ਼ਦੀਪ ਸਿੰਘ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਦਵਿੰਦਰ ਸਿੰਘ ਮੌਜੂਦ ਸਨ।