ਕਾਦੀਆਂ, 9 ਮਾਰਚ (ਤਾਰੀ): ਦੇਸ਼ ਵਿੱਚ ਤੇਜ਼ੀ ਨਾਲ ਵੱਧ ਰਹੀ ਕੈਂਸਰ ਦੀ ਬੀਮਾਰੀ ਨੂੰ ਰੋਕਣ ਅਤੇ ਲੋਕਾਂ ਵਿੱਚ ਇਸ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਸਾਂਝੇ ਉਪਰਾਲਿਆਂ ਤਹਿਤ ਸਿਹਤ ਵਿਭਾਗ ਵੱਲੋਂ ਕਈ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਕਮਿਊਨਿਟੀ ਹੈਲਥ ਸੈਂਟਰ (ਸੀ ਐਚ ਸੀ) ਕਾਦੀਆਂ ਵਿਖੇ ਕੈਂਸਰ ਤੋਂ ਬਚਾਅ ਲਈ 14 ਤੋਂ 15 ਸਾਲ ਦੀ ਉਮਰ ਦੀਆਂ ਬੱਚੀਆਂ ਨੂੰ ਵਿਸ਼ੇਸ਼ ਵੈਕਸੀਨ ਲਗਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ੁਭਨੀਤ ਨੇ ਦੱਸਿਆ ਕਿ ਇਹ ਵੈਕਸੀਨ ਬੱਚੀਆਂ ਨੂੰ ਭਵਿੱਖ ਵਿੱਚ ਹੋ ਸਕਣ ਵਾਲੇ ਕੈਂਸਰ ਤੋਂ ਬਚਾਅ ਲਈ ਬਹੁਤ ਹੀ ਮਹੱਤਵਪੂਰਨ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ 14 ਤੋਂ 15 ਸਾਲ ਦੀ ਉਮਰ ਦੀਆਂ ਬੱਚੀਆਂ ਤੋਂ ਕੀਤੀ ਗਈ ਹੈ, ਤਾਂ ਜੋ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਕੈਂਸਰ ਵਰਗੀ ਗੰਭੀਰ ਬੀਮਾਰੀ ਤੋਂ ਸੁਰੱਖਿਅਤ ਕੀਤਾ ਜਾ ਸਕੇ।
ਡਾ. ਸ਼ੁਭਨੀਤ ਨੇ ਕਿਹਾ ਕਿ ਖਾਸ ਕਰਕੇ 25 ਤੋਂ 60 ਸਾਲ ਦੀ ਉਮਰ ਦੇ ਦਰਮਿਆਨ ਹੋਣ ਵਾਲੇ ਕਈ ਕਿਸਮਾਂ ਦੇ ਕੈਂਸਰ ਤੋਂ ਬਚਾਅ ਲਈ ਇਹ ਵੈਕਸੀਨ ਬਹੁਤ ਹੀ ਲਾਭਦਾਇਕ ਸਾਬਤ ਹੁੰਦੀ ਹੈ। ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੀਆਂ 14 ਤੋਂ 15 ਸਾਲ ਦੀ ਉਮਰ ਦੀਆਂ ਬੱਚੀਆਂ ਨੂੰ ਸੀ ਐਚ ਸੀ ਕਾਦੀਆਂ ਵਿਖੇ ਲੈ ਕੇ ਆਉਣ ਅਤੇ ਇਹ ਵੈਕਸੀਨ ਜ਼ਰੂਰ ਲਗਵਾਉਣ।
ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਇਹ ਵੈਕਸੀਨ ਨਿੱਜੀ ਹਸਪਤਾਲਾਂ ਜਾਂ ਕਲੀਨਿਕਾਂ ਤੋਂ ਲਗਵਾਈ ਜਾਵੇ ਤਾਂ ਇਸ ਦੀ ਕੀਮਤ ਕਾਫ਼ੀ ਜ਼ਿਆਦਾ ਹੁੰਦੀ ਹੈ, ਜੋ ਕਿ ਕਈ ਵਾਰ ਆਮ ਲੋਕਾਂ ਲਈ ਮੁਸ਼ਕਲ ਬਣ ਜਾਂਦੀ ਹੈ। ਪਰ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵੈਕਸੀਨ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਉਪਲਬਧ ਕਰਵਾਈ ਜਾ ਰਹੀ ਹੈ।
ਡਾ. ਸ਼ੁਭਨੀਤ ਨੇ ਮਾਪਿਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਰਕਾਰੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀਆਂ ਬੱਚੀਆਂ ਨੂੰ ਸਮੇਂ ਸਿਰ ਇਹ ਵੈਕਸੀਨ ਲਗਵਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਵੈਕਸੀਨ ਲਗਵਾਉਣ ਲਈ ਆਉਣ ਵਾਲੀਆਂ ਬੱਚੀਆਂ ਆਪਣੇ ਨਾਲ ਆਧਾਰ ਕਾਰਡ ਜ਼ਰੂਰ ਲੈ ਕੇ ਆਉਣ ਤਾਂ ਜੋ ਰਜਿਸਟ੍ਰੇਸ਼ਨ ਦੀ ਕਾਰਵਾਈ ਆਸਾਨੀ ਨਾਲ ਪੂਰੀ ਕੀਤੀ ਜਾ ਸਕੇ।
ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਕੈਂਸਰ ਵਰਗੀ ਗੰਭੀਰ ਬੀਮਾਰੀ ਤੋਂ ਬਚਾਉਣਾ ਅਤੇ ਸਮਾਜ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਸਿਹਤ ਸੰਬੰਧੀ ਮੁਹਿੰਮਾਂ ਜਾਰੀ ਰੱਖੀਆਂ ਜਾਣਗੀਆਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।