ਕਾਦੀਆਂ, 17 ਜਨਵਰੀ (ਸਲਾਮ ਤਾਰੀ):
ਗਣਤੰਤਰ ਦਿਵਸ ਨੂੰ ਸਮਰਪਿਤ ਵੱਖ-ਵੱਖ ਸਮਾਜਿਕ ਅਤੇ ਸਿਹਤ ਸਬੰਧੀ ਪ੍ਰੋਗਰਾਮਾਂ ਦੀ ਲੜੀ ਤਹਿਤ ਮੁਸਲਿਮ ਜਮਾਤ ਅਹਿਮਦੀਆ ਦੀ ਯੂਥ ਵਿੰਗ ਵੱਲੋਂ ਨੂਰ ਹਸਪਤਾਲ, ਕਾਦੀਆਂ ਵਿਖੇ 25 ਜਨਵਰੀ ਨੂੰ ਮੁਫ਼ਤ ਸ਼ੂਗਰ ਅਤੇ ਦਿਲ ਦੇ ਰੋਗਾਂ ਸਬੰਧੀ ਜਾਂਚ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਦਾ ਮੁੱਖ ਮਕਸਦ ਆਮ ਲੋਕਾਂ, ਖ਼ਾਸ ਕਰਕੇ ਗਰੀਬ ਅਤੇ ਲੋੜਵੰਦ ਵਰਗ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਇਮਰਾਨ ਨੇ ਦੱਸਿਆ ਕਿ ਕੈਂਪ ਦੌਰਾਨ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀ ਸ਼ੂਗਰ ਅਤੇ ਦਿਲ ਨਾਲ ਸਬੰਧਿਤ ਮੁਫ਼ਤ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਦੇ ਨਾਲ-ਨਾਲ ਮਰੀਜ਼ਾਂ ਨੂੰ ਜ਼ਰੂਰੀ ਦਵਾਈਆਂ ਵੀ ਬਿਲਕੁਲ ਮੁਫ਼ਤ ਦਿੱਤੀਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਇਲਾਜ ਮਿਲ ਸਕੇ ਅਤੇ ਗੰਭੀਰ ਬਿਮਾਰੀਆਂ ਤੋਂ ਬਚਾਅ ਹੋ ਸਕੇ।
ਡਾਕਟਰ ਇਮਰਾਨ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਸ਼ੂਗਰ ਅਤੇ ਦਿਲ ਦੀਆਂ ਬਿਮਾਰੀਆਂ ਤੇਜ਼ੀ ਨਾਲ ਵਧ ਰਹੀਆਂ ਹਨ ਅਤੇ ਅਕਸਰ ਲੋਕ ਆਰਥਿਕ ਤੰਗੀ ਕਾਰਨ ਸਮੇਂ ਸਿਰ ਜਾਂਚ ਨਹੀਂ ਕਰਵਾ ਪਾਂਦੇ। ਇਸ ਤਰ੍ਹਾਂ ਦੇ ਮੁਫ਼ਤ ਕੈਂਪ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਜ਼ਿੰਦਗੀ ਬਚਾਉਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਅਹਿਮਦੀਆ ਯੂਥ ਵਿੰਗ ਸਾਲ ਭਰ “ਖਿਦਮਤ-ਏ-ਖਲਕ” ਦੇ ਅਸੂਲ ਅਧੀਨ ਮਨੁੱਖਤਾ ਦੀ ਸੇਵਾ ਲਈ ਵੱਖ-ਵੱਖ ਸਮਾਜਿਕ, ਸਿਹਤ ਅਤੇ ਭਲਾਈ ਸਬੰਧੀ ਕਾਰਜ ਕਰਦੀ ਰਹਿੰਦੀ ਹੈ। ਇਸ ਤੋਂ ਪਹਿਲਾਂ ਵੀ ਜਮਾਤ ਵੱਲੋਂ ਖੂਨ ਦਾਨ ਕੈਂਪ, ਸਫ਼ਾਈ ਅਭਿਆਨ ਅਤੇ ਮੁਫ਼ਤ ਮੈਡੀਕਲ ਕੈਂਪ ਆਯੋਜਿਤ ਕੀਤੇ ਜਾ ਚੁੱਕੇ ਹਨ।
ਇਸ ਮੌਕੇ ਯੂਥ ਵਿੰਗ ਦੇ ਮੈਂਬਰਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਮੁਫ਼ਤ ਜਾਂਚ ਕੈਂਪ ਦਾ ਲਾਭ ਉਠਾਉਣ ਅਤੇ ਆਪਣੀ ਸਿਹਤ ਦੀ ਜਾਂਚ ਕਰਵਾਉਣ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ ਅਤੇ ਅਜਿਹੇ ਕਾਰਜ ਭਵਿੱਖ ਵਿੱਚ ਵੀ ਜਾਰੀ ਰਹਿਣਗੇ।